ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਜਾਂਦੀਆਂ ਕੀਮਤੀ ਜਾਨਾਂ ਉਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ CM Bhagwant Mann ਨੇ ਸੂਬੇ ਦੀਆਂ ਸੜਕਾਂ ਉਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸਮਰਪਿਤ ‘ਸੜਕ ਸੁਰੱਖਿਆ ਫੋਰਸ’ ਦੇ ਗਠਨ ਦਾ ਐਲਾਨ ਕੀਤਾ ਹੈ।
ਇੱਥੇ ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ ਨੂੰ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਰੋਜ਼ਾਨਾ ਤਕਰੀਬਨ 14 ਕੀਮਤੀ ਜਾਨਾਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸੜਕਾਂ ਉਤੇ ਜਾਂਦੀਆਂ ਇਹ ਜਾਨਾਂ ਬਚਾਈਆਂ ਜਾ ਸਕਦੀਆਂ ਹਨ, ਜਿਸ ਲਈ ਪੰਜਾਬ ਪੁਲਿਸ ਵਿੱਚ ‘ਸੜਕ ਸੁਰੱਖਿਆ ਫੋਰਸ’ ਦਾ ਗਠਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਥਾਣਿਆਂ ਵਿੱਚ ਤਾਇਨਾਤ ਸਿਪਾਹੀਆਂ ਦੇ ਕੰਮ ਦਾ ਬੋਝ ਘਟਾਉਣ ਲਈ ਇਸ ਫੋਰਸ ਨੂੰ ਗਲਤ ਡਰਾਈਵਿੰਗ ਰੋਕਣ, ਸੜਕਾਂ ਉਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਕਰਨ ਅਤੇ ਹੋਰ ਕੰਮ ਦਿੱਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਅਤਿ-ਆਧੁਨਿਕ ਕੇਂਦਰ ਨਵੀਂ ਤਕਨਾਲੋਜੀ ਨਾਲ ਲੈਸ ਹਨ ਅਤੇ ਇਸ ਕੇਂਦਰ ਨਾਲ ਹੈਵੀ ਲਾਇਸੈਂਸ ਹਾਸਲ ਕਰਨ ਦੇ ਚਾਹਵਾਨਾਂ ਨੂੰ ਵੱਡੀ ਰਾਹਤ ਮਿਲੇਗੀ, ਜਿਸ ਨਾਲ ਉਨ੍ਹਾਂ ਦਾ ਸਮਾਂ, ਪੈਸੇ ਤੇ ਊਰਜਾ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਦੂਜੇ ਮੁਲਕ ਸੜਕਾਂ ਉਤੇ ਵਾਪਰਦੇ ਹਾਦਸਿਆਂ ਨੂੰ ਰੋਕਣ ਲਈ ਵੱਡੇ ਪੱਧਰ ਉਤੇ ਜ਼ੋਰ ਦਿੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਕਿਸੇ ਨਾਗਰਿਕ ਨੂੰ ਲਾਇਸੈਂਸ ਲੈਣ ਲਈ ਲਿਖਤੀ ਦੇ ਪ੍ਰੈਕਟੀਕਲ ਦੋਵੇਂ ਤਰ੍ਹਾਂ ਦੀ ਪ੍ਰੀਖਿਆ ਦੇਣੀ ਪੈਂਦੀ ਹੈ।








